ਪੰਜਾਬ ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਪਾਰਟੀ ਵਿੱਚੋਂ ਮੁਅੱਤਲ

ਪੰਜਾਬ ਕਾਂਗਰਸ ਨੇ ਅੱਜ ਦੇਰ ਸ਼ਾਮ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਡਾ. ਨਵਜੋਤ ਕੌਰ ਸਿੱਧੂ ਵੱਲੋਂ 6 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਹੋਣੇ ਚਾਹੀਦੈ ਬਾਰੇ ਬਿਆਨ ਦਿੱਤਾ ਸੀ। ਇਸ ਬਿਆਨ ਨੂੰ ਲੈ ਕੇ ਉਹ ਪਿਛਲੇ ਦੋ ਦਿਨਾਂ ਤੋਂ ਵਿਵਾਦਾਂ ਵਿੱਚ ਚੱਲ ਰਹੇ ਸਨ। ਡਾ. ਨਵਜੋਤ ਕੌਰ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਪਿਛਲੇ ਦੋ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਸੀ ਇਸ ਦੌਰਾਨ ਕੁਝ ਕਾਂਗਰਸੀ ਆਗੂਆਂ ਵੱਲੋਂ ਵੀ ਇੱਕ ਦੂਜੇ ’ਤੇ ਟਿੱਪਣੀ ਕੀਤੀਆਂ ਜਾ ਰਹੀਆਂ ਸਨ।

ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇਹ ਦੋਸ਼ ਲਗਾ ਕੇ ਪੰਜਾਬ ਵਿੱਚ ਸਿਆਸੀ ਤੂਫ਼ਾਨ ਮਚਾ ਦਿੱਤਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਨਾਲ ਭਰਿਆ ਸੂਟਕੇਸ ਦੇਣਾ ਪੈਂਦਾ ਹੈ ਜੋ ਉਨ੍ਹਾਂ ਦਾ ਪਤੀ ਨਹੀਂ ਦੇ ਸਕਦਾ। ਸਾਬਕਾ ਵਿਧਾਇਕ ਨੇ ਸ਼ਨਿਚਰਵਾਰ ਸ਼ਾਮ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਸੂਬੇ ਵਿੱਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਸਣੇ ਹੋਰ ਮੁੱਦਿਆਂ ’ਤੇ ਗੱਲਬਾਤ ਕੀਤੀ। ਹਾਲਾਂਕਿ ਉਨ੍ਹਾਂ ਨੇ ਇਹ ਟਿੱਪਣੀ ਕਰਦੇ ਵੇਲੇ ਕਿਸੇ ਪਾਰਟੀ ਦਾ ਨਾਮ ਨਹੀਂ ਲਿਆ ਪਰ ਉਨ੍ਹਾਂ ਨੇ ਖਾਸ ਤੌਰ ’ਤੇ ਕਿਹਾ ਕਿ ਸਿੱਧੂ ਸਰਗਰਮ ਰਾਜਨੀਤੀ ਵਿੱਚ ਤਾਂ ਹੀ ਵਾਪਸ ਆਉਣਗੇ ਜੇਕਰ ਉਨ੍ਹਾਂ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਇਆ ਜਾਂਦਾ ਹੈ।

Leave a Reply

Your email address will not be published. Required fields are marked *